ਮਾਨਸਾ, 08 ਫਰਵਰ(ਤਰਸੇਮ ਸਿੰਘ ਫਰੰਡ ) : 12 ਫਰਵਰੀ ਨੂੰ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜ਼ਾਤ ਦਿਵਾਉਣ ਦੇ ਮੰਤਵ ਨਾਲ ਜੋ ‘ਡੀ-ਵਾਰਮਿੰਗ ਡੇਅ’ ਮਨਾਇਆ ਜਾ ਰਿਹਾ ਹੈ, ਉਸ ਤਹਿਤ ਮਾਨਸਾ ਜ਼ਿਲ੍ਹੇ ਦਾ ਕੋਈ ਵੀ ਬੱਚਾ ਵਾਂਝਾ ਨਾ ਰਹੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਜਾਰੀ ਕਰਦੇ ਹੋਏ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ। ਨੈਸ਼ਨਲ ਡੀ-ਵਾਰਮਿੰਗ ਡੇਅ ਦੇ ਤਹਿਤ ਸਾਰੇ ਹੀ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਲਈ ਐਲਬੈਂਡਾਜ਼ੋਲ ਦੀ ਖੁਰਾਕ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ। ਸ਼੍ਰੀ ਗੁਪਤਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਇਸ ਅਹਿਮ ਸਿਹਤ ਸੁਰੱਖਿਆ ਉਪਰਾਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਪੈਸ਼ਲ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਡੀ-ਵਾਰਮਿੰਗ ਡੇਅ ਵਾਲੇ ਦਿਨ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਜੋ ਗੋਲੀਆਂ ਦਿੱਤੀਆਂ ਜਾਣੀਆਂ ਹਨ, ਉਸ ਸਬੰਧੀ ਅਗੇਤੇ ਪ੍ਰਬੰਧ ਪਹਿਲਾਂ ਹੀ ਪੂਰੇ ਕਰ ਲਏ ਜਾਣ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੰਜੀਵ ਓਬਰਾਏ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਤੋਂ ਇਲਾਵਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਦਦ ਨਾਲ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡੀ-ਵਾਰਮਿੰਗ ਡੇਅ ਵਾਲੇ ਦਿਨ ਆਂਗਣਵਾੜੀ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 1.96 ਲੱਖ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਗੋਲੀ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਗੋਲੀ ਨਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਇਹ ਦਵਾਈ ਪੇਟ ਦੇ ਕੀੜਿਆਂ ਨੂੰ ਖ਼ਤਮ ਕਰਨ ਲਈ ਅਤਿ ਜ਼ਰੂਰੀ ਹੈ, ਜਿਸ ਕਾਰਨ ਅਨੀਮੀਆਂ, ਸਰੀਰਕ ਵਾਧਾ ਰੁਕਣਾ ਸਮੇਤ ਬੱਚੇ ਅਨੇਕਾਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ।
ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ 15 ਫਰਵਰੀ ਨੂੰ ਮੋਪ-ਅੱਪ ਡੇਅ ਮਨਾਇਆ ਜਾਵੇਗਾ, ਜਿਸ ਦੌਰਾਨ ਜੋ ਬੱਚੇ 12 ਫਰਵਰੀ ਨੂੰ ਕਿਸੇ ਕਾਰਨ ਇਹ ਖੁਰਾਕ ਲੈਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਕਵਰ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪ੍ਰੋਗਰਾਮ ਅਫ਼ਸਰ ਇਸਤਰੀ ਤੇ ਬਾਲ ਵਿਕਾਸ ਸਮੇਤ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।