ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਦਰਸਾਉਂਦੀ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਰਿਲੀਜ਼ ਸੰਬੰਧੀ ਅੱਜ ਸੁਪਰੀਮ ਕੋਰਟ ਵਲੋਂ ਦਿੱਤੀ ਹਰੀ ਝੰਡੀ ਦੇ ਖਿਲਾਫ ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੇ ਸਿੱਧੇ ਤੌਰ ‘ਤੇ ਇਸ ਫੈਸਲੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਮੋਗਾ ਜ਼ਿਲੇ ਦੇ ਪਿੰਡ ਲੋਪੋਂ ਵਿਖੇ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਨੂੰ ਚਲਾਉਣ ਦੀ ਮਨਜ਼ੂਰੀ ਦੇਣਾ ਸਿੱਧੇ ਰੂਪ ਵਿਚ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਅਤੇ ਵਿਦੇਸ਼ ਦਾ ਹਰ ਸਿੱਖ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਰੋਧ ਕਰਨ ਲਈ ਤਿਆਰ ਰਿਹੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦੇਸ਼ ਜਾਂ ਵਿਦੇਸ਼ ਵਿਚ ਕਿਸੇ ਵੀ ਕੀਮਤ ‘ਤੇ ‘ਨਾਨਕ ਸ਼ਾਹ ਫਕੀਰ’ ਫਿਲਮ ਚੱਲਣ ਨਹੀਂ ਦਿੱਤੀ ਜਾਵੇਗੀ। ਇਸ ਨੂੰ ਰੋਕਣ ਲਈ ਪਹਿਲਾਂ ਸਿੱਖ ਸੰਗਤਾਂ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਗੀਆਂ ਪਰ ਜੇ ਲੋੜ ਪਈ ਤਾਂ ਸਿੱਖ ਕੌਮ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ ਅਤੇ ਅਜਿਹੀ ਸਥਿਤੀ ਵਿਚ ਵਿਗੜਨ ਵਾਲੇ ਹਾਲਾਤ ਲਈ ਕੇਂਦਰ ਦੀ ਭਾਜਪਾ ਸਰਕਾਰ ਸਿੱਧੇ ਰੂਪ ਵਿਚ ਜ਼ਿੰਮੇਵਾਰ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਿੱਧੇ ਤੌਰ ‘ਤੇ ਵਿਰੋਧ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਾਰ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਕਿ ਉਹ ਕਾਨੂੰਨੀ ਸਲਾਹ ਮੁਤਾਬਕ ਸੁਪਰੀਮ ਕੋਰਟ ਦੇ ਇਸ ਫੈਸਲੇ ਵਿਰੁੱਧ ਬਣਦੀ ਕਾਰਵਾਈ ਸ਼ੁਰੂ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਓ. ਐੱਸ. ਡੀ. ਭਗੀਰਥ ਸਿੰਘ ਲੋਪੋਂ ਵੀ ਹਾਜ਼ਰ ਸਨ।